ਕਿਹਾ- ਚੰਡੀਗੜ੍ਹ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਗਿਆ ਹੈ। ਇਸ ਲਈ ਪੰਜਾਬ ਦਾ ਚੰਡੀਗੜ੍ਹ ਉੱਤੇ ਪੂਰਾ ਹੱਕ ਹੈ।
Speaker Kultar Singh Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦਾ ਅਹੁਦਾ ਖ਼ਤਮ ਕਰਨ ਦੀ ਘੋਰ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਪੰਜਾਬ ਦਾ ਪੂਰੇ ਦੇਸ਼ ਨਾਲੋਂ ਸਭ ਤੋਂ ਵੱਡਾ ਇਤਿਹਾਸ ਹੈ। ਚੰਡੀਗੜ੍ਹ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਗਿਆ ਹੈ ਇਸ ਲਈ ਚੰਡੀਗੜ੍ਹ ਉੱਤੇ ਪੰਜਾਬ ਦਾ ਪੂਰਾ ਹੱਕ ਹੈ।
ਹੁਣ ਕੇਂਦਰ ਸਰਕਾਰ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ ਲਿਆ ਹੈ। ਜੋ ਕਿ ਮੰਦਭਾਗਾ ਹੈ। ਕੇਂਦਰ ਸਰਕਾਰ ਅਜਿਹਾ ਕਰ ਕੇ ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਨੂੰ ਝੂਠਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਕੇਂਦਰ ਸਰਕਾਰ ਦਾ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਹੈ।
ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਘੋਰ ਅਣਦੇਖੀ ਵਜੋਂ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਲੰਮੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਰਿਹਾ ਹੈ।
ਸੰਧਵਾਂ ਨੇ ਕਿਹਾ ਕਿ ਰੀ-ਡੈਜਿਗਨੇਸ਼ਨ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ ਉੱਤੇ ਪੰਜਾਬ ਦੇ ਜਾਇਜ਼ ਦਾਅਵਿਆਂ ਜਾਂ ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ।
ਉਨ੍ਹਾਂ ਕਿਹਾ ਕੇ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ।