#  info@theaonemedia.com



70 ਹਜ਼ਾਰ ਕਰੋੜ ਰੁਪਏ ਦੇ ‘ਪੇਟ ਪੂਜਾ GST’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ




ਹੋਟਲ ਤੇ ਰੈਸਟੋਰੈਂਟ ਮਾਲਕਾਂ ਨੇ ‘ਪੇਟ ਪੂਜਾ’ ਸਾਫਟਵੇਅਰ ਨਾਲ ਅਸਲੀ ਵਿਕਰੀ ਲੁਕਾ ਕੇ ਖ਼ਜ਼ਾਨੇ ਨੂੰ ਲਾਇਆ ਚੂਨਾ

ਚੰਡੀਗੜ੍ਹ : ਦੇਸ਼ ਵਿੱਚ ਲਗਭਗ 70 ਹਜ਼ਾਰ ਕਰੋੜ ਰੁਪਏ ਦੇ ਹੋਏ ‘ਪੇਟ ਪੂਜਾ ਜੀ ਐੱਸ ਟੀ’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ । ਸੂਬੇ ਵਿੱਚ ‘ਪੇਟ ਪੂਜਾ’ ਬਿਲਿੰਗ ਸਾਫਟਵੇਅਰ ਨਾਲ ਕਰੋੜਾਂ ਰੁਪਏ ਦੀ ਟੈਕਸ ਚੋਰੀ ਕਰਨ ਦਾ ਪਤਾ ਲੱਗਿਆ ਹੈ। ਸੂਬੇ ਦੇ ਸੈਂਕੜੇ ਹੋਟਲ ਤੇ ਰੈਸਟੋਰੈਂਟ ਮਾਲਕ ‘ਪੇਟ ਪੂਜਾ’ ਸਾਫਟਵੇਅਰ ਨਾਲ ਅਸਲੀ ਵਿਕਰੀ ਲੁਕੋ ਕੇ ਖ਼ਜ਼ਾਨੇ ਨੂੰ ਚੂਨਾ ਲਾਇਆ ਗਿਆ । ਪੰਜਾਬ ਦੇ ਕਰ ਵਿਭਾਗ ਦੇ ਜੀ ਐੱਸ ਟੀ ਵਿੰਗ ਨੇ ਹੋਟਲਾਂ/ਢਾਬਿਆਂ ਅਤੇ ਰੈਸਟੋਰੈਂਟਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵੱਲੋਂ ਡਿਜੀਟਲ ਢੰਗ ਨਾਲ ਜੀ ਐੱਸ ਟੀ ਦੀ ਚੋਰੀ ਕੀਤੀ ਜਾ ਰਹੀ ਸੀ।

ਵੇਰਵਿਆਂ ਮੁਤਾਬਕ ਮੁੱਢਲੇ ਪੜਾਅ ’ਤੇ ‘ਪੇਟ ਪੂਜਾ’ ਸਾਫਟਵੇਅਰ ਜ਼ਰੀਏ ਕਰੋੜਾਂ ਰੁਪਏ ਜੀ ਐੱਸ ਟੀ ਚੋਰੀ ਦੀ ਪੁਸ਼ਟੀ ਹੋਈ ਹੈ। ਕਰ ਵਿਭਾਗ ਪੰਜਾਬ ਨੇ ਸੂਬੇ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਇਸ ਸਾਫਟਵੇਅਰ ਨਾਲ ਕਰੋੜਾਂ ਰੁਪਏ ਜੀ ਐੱਸ ਟੀ ਚੋਰੀ ਦੀ ਪੈੜ ਨੱਪੀ ਹੈ। ਹੁਣ ਤੱਕ ਪੰਜਾਬ ’ਚ ਸੈਂਕੜੇ ਢਾਬੇ/ਰੈਸਟੋਰੈਂਟਾਂ ਅਤੇ ਹੋਟਲਾਂ ਦੀ ਚੈਕਿੰਗ ਹੋ ਚੁੱਕੀ ਹੈ। ਸੂਬੇ ਵਿੱਚ ਸਾਲਾਨਾ 7000 ਕਰੋੜ ਰੁਪਏ ਤੋਂ ਵੱਧ ਦੀ ਫੂਡ ਵਿਕਰੀ ਵਾਲੇ ਕਰੀਬ 11 ਹਜ਼ਾਰ ਹੋਟਲ/ਢਾਬੇ ਤੇ ਰੈਸਤਰਾਂ ਮਾਲਕ ਟੈਕਸ ਤਾਰਦੇ ਹਨ।

ਪਤਾ ਲੱਗਿਆ ਹੈ ਕਿ ਆਮਦਨ ਕਰ ਵਿਭਾਗ ਨੇ ਹੋਟਲਾਂ ਅਤੇ ਰੈਸਤਰਾਵਾਂ ਵਾਲਿਆਂ ਨੂੰ ਨੋਟਿਸ ਭੇਜੇ ਸਨ, ਜਿਸ ਮਗਰੋਂ ਕਰ ਵਿਭਾਗ ਪੰਜਾਬ ਦੇ ਜੀ ਐੱਸ ਟੀ ਵਿੰਗ ਨੇ ਇਸ ਖੇਤਰ ’ਚ ਟੈਕਸ ਚੋਰੀ ਦੇ ਮਾਮਲੇ ਦੀ ਜਾਂਚ ਵਿੱਢੀ। ਪੰਜਾਬ ਵਿੱਚ ਕਮਾਈ ਪੱਖੋਂ ਮੁਹਾਲੀ ਪਹਿਲੇ ਨੰਬਰ ’ਤੇ ਹੈ, ਜਿੱਥੇ ਤਿੰਨ ਹਜ਼ਾਰ ਤੋਂ ਵੱਧ ਹੋਟਲ/ਢਾਬੇ ਅਤੇ ਰੈਸਤਰਾਂ ਟੈਕਸ ਤਾਰਦੇ ਹਨ ਅਤੇ ਮੁਹਾਲੀ ਜ਼ਿਲ੍ਹੇ ’ਚ ਸਾਲਾਨਾ ਇੱਕ ਹਜ਼ਾਰ ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਹੈ। ਲੁਧਿਆਣਾ ਜ਼ਿਲ੍ਹੇ ’ਚ ਕਰੀਬ 1500 ਹੋਟਲ/ਢਾਬੇ ਅਤੇ ਰੈਸਤਰਾਂ ਮਾਲਕ ਟੈਕਸ ਭਰਦੇ ਹਨ।

ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਮੁਕੰਮਲ ਕੀਤੀ ਜਾ ਰਹੀ ਹੈ ਅਤੇ ਮੁੱਢਲੇ ਪੜਾਅ ’ਤੇ 100 ਕਰੋੜ ਤੋਂ ਵੱਧ ਦੀ ਜੀ ਐੱਸ ਟੀ ਚੋਰੀ ਦਾ ਪਤਾ ਲੱਗਿਆ ਹੈ। ਜਾਂਚ ਹੋਣ ਮਗਰੋਂ ਸਹੀ ਅੰਕੜੇ ਸਪੱਸ਼ਟ ਹੋਣਗੇ। ਇਹ ਵੀ ਪਤਾ ਲੱਗਿਆ ਹੈ ਕਿ ਟੈਕਸ ਚੋਰੀ ਕਰਨ ਵਾਲਿਆਂ ਤੋਂ ਵਸੂਲੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੋਟਲਾਂ ਦੀ ਵਿਕਰੀ ਦੇ ਰਿਕਾਰਡ ਅਤੇ ਆਮਦਨ ਕਰ ਦੀਆਂ ਰਿਟਰਨਾਂ ਦਾ ਮਿਲਾਣ ਵੀ ਕੀਤਾ ਜਾ ਰਿਹਾ ਹੈ। ਜਾਂਚ ਟੀਮਾਂ ਵੱਲੋਂ ਪਿਛਲੇ ਸਾਲਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਹੋਟਲ ਤੇ ਰੈਸਤਰਾਂ ਮਾਲਕ ਨਕਦ ਵਿਕਰੀ ਨੂੰ ਸਹੀ ਰਿਕਾਰਡ ’ਤੇ ਨਹੀਂ ਲਿਆਉਂਦੇ ਸਨ ਅਤੇ ਔਨਲਾਈਨ ਅਦਾਇਗੀ ਨੂੰ ਵੀ ਕਾਰੋਬਾਰ ’ਚ ਦਿਖਾਇਆ ਨਹੀਂ ਜਾਂਦਾ ਸੀ।







Copyright © 2019-22 THEAONEMEDIA