ਰਾਜਸਥਾਨ ਦੇ 18 ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ
ਦੇਸ਼ ਦੇ ਕਈ ਹਿੱਸਿਆਂ ਵਿੱਚ ਤਪਦੀ ਗਰਮੀ ਦੀ ਲਹਿਰ ਜਾਰੀ ਹੈ, ਐਤਵਾਰ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਓਡੀਸ਼ਾ, ਤੇਲੰਗਾਨਾ ਅਤੇ ਛੱਤੀਸਗੜ੍ਹ ਦੇ ਕਈ ਸ਼ਹਿਰਾਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਗਿਆ।
ਐਤਵਾਰ ਨੂੰ ਮਹਾਰਾਸ਼ਟਰ ਦੇ ਅਕੋਲਾ ਅਤੇ ਵਰਧਾ ਵਿਚ ਸਭ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਉਹ ਦੇਸ਼ ਦੇ ਸਭ ਤੋਂ ਗਰਮ ਸ਼ਹਿਰ ਬਣ ਗਏ। ਮੱਧ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਵਿਚ ਪਾਰਾ 42 ਡਿਗਰੀ ਸੈਲਸੀਅਸ ਤੋਂ ਵੱਧ ਗਿਆ। ਜਬਲਪੁਰ ਨੇ ਤਿੰਨ ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਤਿੰਨ ਸਾਲਾਂ ਵਿਚ ਪਹਿਲੀ ਵਾਰ, ਅਪ੍ਰੈਲ ਵਿਚ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਸ਼ਨੀਵਾਰ ਨੂੰ ਰਾਜਸਥਾਨ ਦੇ 18 ਸ਼ਹਿਰਾਂ ਵਿਚ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਤੱਕ ਰਿਹਾ। ਸੂਬੇ ਵਿਚ ਅਗਲੇ ਤਿੰਨ ਤੋਂ ਚਾਰ ਦਿਨਾਂ ਲਈ ਹੀਟਵੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਅੱਜ ਲੂ ਚੱਲ਼ਣ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਉੱਪਰਲੇ ਹਿੱਸਿਆਂ ਵਿੱਚ ਬਰਫ਼ਬਾਰੀ ਹੋਈ, ਜਦੋਂ ਕਿ ਮੈਦਾਨੀ ਇਲਾਕਿਆਂ ਵਿਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ।