ਨਿੱਜੀ ਸਕੂਲ ਸਾਲ 'ਚ ਸਿਰਫ਼ 5 ਫੀਸਦੀ ਫੀਸ ਹੀ ਵਧਾ ਸਕਣਗੇ : ਮੁੱਖ ਮੰਤਰੀ ਭਗਵੰਤ ਮਾਨ




ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ |

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ 15% ਤੋਂ ਵੱਧ ਫ਼ੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ। ਸਰਕਾਰ ਇਸ ਨੂੰ ਲਾਗੂ ਕਰਨ ਲਈ ਇਕ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ 'ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਵਿਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ, ਜਿਥੇ ਇਕ ਵਿਦਿਆਰਥਣ ਵਲੋਂ ਵਧੀ ਹੋਈ ਫ਼ੀਸ ਕਾਰਨ ਖ਼ੁਦਕੁਸ਼ੀ ਕਰ ਲਈ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ‌ਨਿੱਜੀ ਸਕੂਲਾਂ ਦੀ ਮਨਮਾਨੀ ਨਹੀਂ ਚੱਲਣ ਦਿਆਂਗੇ ਤੇ ਜੇਕਰ ਕੋਈ ਸਕੂਲ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਕਰਨ ਦੀ ਖੁੱਲ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੀ ਦਿੱਤੀ ਗਈ ਸੀ। ਉਨ੍ਹਾਂ ਦਾ ਖੁਦ ਦਾ ਵੀ ਇਕ ਬਹੁਤ ਵੱਡਾ ਪ੍ਰਾਈਵੇਟ ਸਕੂਲ ਹੈ ਪਰ ਹੁਣ ਪ੍ਰਾਈਵੇਟ ਸਕੂਲਾਂ ਦੀ ਮਾਨਮਾਨੀ ਨਹੀਂ ਚੱਲੇਗੀ।