'ਮੁੱਖ ਮੰਤਰੀ ਸਿਹਤ ਯੋਜਨਾ' ਦਾ ਦਾਇਰਾ ਵਧਿਆ, ਪ੍ਰਾਈਵੇਟ ਹਸਪਤਾਲਾਂ 'ਚ ਹੁਣ 17 ਹੋਰ ਬਿਮਾਰੀਆਂ ਦਾ ਹੋਵੇਗਾ ਮੁਫ਼ਤ ਇਲਾਜ |




ਹੁਣ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ |

ਚੰਡੀਗੜ੍ਹ : ਲੋਕਾਂ ਤਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿਜੀ ਹਸਪਤਾਲਾਂ ਵਿਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਇਸ ਫ਼ੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈੱਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਸਿਆ ਕਿ ਇਸ ਨਾਲ ਖ਼ਾਸ ਕਰ ਕੇ ਉਨ੍ਹਾਂ ਜ਼ਿਲ੍ਹਿਆਂ ਵਿਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜ਼ਾਂ ਦੀ ਨਿਰਭਰਤਾ ਹੈ। ਉਨ੍ਹਾਂ ਕਿਹਾ, “ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।”ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਨਾਲ ਸਬੰਧਤ ਹਨ।

ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿਜੀ ਹਸਪਤਾਲਾਂ ਵਿਚ ਨੱਕ ਦੀ ਹੱਡੀ ਦੇ ਫਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ। ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿਚ ਖ਼ਾਸ ਤੌਰ ’ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ। ਜਨਰਲ ਸਰਜਰੀ ਦੇ ਖੇਤਰ ਵਿਚ ਸਭ ਤੋਂ ਵੱਡਾ ਵਿਸਥਾਰ ਕੀਤਾ ਗਿਆ ਹੈ। ਹਾਈਡਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿਜੀ ਹਸਪਤਾਲਾਂ ਵਿਚ ਉਪਲੱਬਧ ਹੋਣਗੀਆਂ। ਮਹਿਲਾ ਸਿਹਤ ਸੇਵਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿਤੀ ਗਈ ਹੈ।

ਵਿਸਥਾਰਿਤ ਸੂਚੀ ਵਿਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ’ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਨੇਤਰ ਰੋਗ ਅਤੇ ਆਰਥੋਪੀਡਿਕ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਹੁਣ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿਜੀ ਹਸਪਤਾਲਾਂ ਵਿਚ ਕਰਵਾਈਆਂ ਜਾ ਸਕਣਗੀਆਂ।

ਉੱਥੇ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ 27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ। ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਇਕ ਹੋਰ ਮਹੱਤਵਪੂਰਨ ਵਿਸਥਾਰ ਕੀਤਾ ਗਿਆ ਹੈ। ਹੁਣ ਇਕੱਲੇ ਰਹਿਣ ਵਾਲੇ ਵਿਅਕਤੀ , ਜਿਨ੍ਹਾਂ ਵਿਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ  ਸੁਤੰਤਰ ਤੌਰ ’ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ, ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਸਭ ਲਈ ਉਪਲੱਬਧ ਇਹ ਸਿਹਤ ਬੀਮਾ ਪ੍ਰੋਗਰਾਮ ਪਹਿਲਾਂ ਕੇਵਲ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਵਾਰਾਂ ਤਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿਚ ਵੱਸਦੇ ਹਨ। ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਨਾਮਾਂਕਨ ਲਈ ਇਕ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਦੀ ਤਸਦੀਕ ਸਥਾਨਕ ਚੁਣੇ ਹੋਏ ਨੁਮਾਇੰਦਿਆਂ ਵਲੋਂ ਕੀਤੀ ਜਾਵੇਗੀ।