ਕਿਹਾ,'ਪੰਜਾਬ ਦੀ ਧਰਤੀ 'ਤੇ ਹਰ ਬੀਜ ਉੱਗ ਸਕਦਾ ਹੈ ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ' |
ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਰਾਜਪੁਰਾ ਦੀ ਅਨਾਜ ਮੰਡੀ ਵਿੱਚ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਸਮੇਤ ਕਈ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਵਿਧਾਇਕ ਦੇਵ ਮਾਨ, ਵਿਧਾਇਕਾ ਨੀਨਾ ਮਿੱਤਲ ਅਤੇ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਰਹੇ। ਸਮਾਗਮ ਦੇ ਵਿੱਚ ਪਿੰਡ ਕਲੋਲੀ ਤੋਂ ਵੱਡੀ ਗਿਣਤੀ ਚ ਮੁਸਲਿਮ ਭਾਈਚਾਰੇ ਵੱਲੋਂ ਪਹੁੰਚ ਕੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਪਿੰਡ ਕਲੋਲੀ ਤੋਂ ਮੁਸਲਿਮ ਅਤੇ ਸਿੱਖ ਭਾਈਚਾਰੇ ਦੇ ਇਸ ਕਦਮ ਦੀ ਵੱਡੇ ਪੱਧਰ ਤੇ ਲੋਕਾਂ ਚ ਤਾਰੀਫ ਕੀਤੀ ਜਾ ਰਹੀ ਹੈ।
ਪਟਿਆਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਸਮਾਗਮ ਵਿੱਚ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਰਗੇ ਸਮਾਗਮ ਵੀ ਲੋਕਾਂ ਨੂੰ ਆਧਿਆਤਮਿਕਤਾ ਨਾਲ ਜੋੜਨ ਦਾ ਕੰਮ ਕਰ ਰਹੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਧਾਰਮਿਕ ਸਮਾਗਮ ਮਨ ਨੂੰ ਸਕੂਨ ਦੇਣ ਦੇ ਨਾਲ-ਨਾਲ ਲੋਕਾਂ ਦੀ ਮਾਨਸਿਕ ਸਿਹਤ ਲਈ ਵੀ ਲਾਹੇਵੰਦ ਸਾਬਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸਕਾਰਾਤਮਕ ਅਨੁਭਵ ਹੋਇਆ।