ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ ’ਚ ਪੇਸ਼ ਕੀਤਾ ਮਤਾ |




ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਮਤਾ |

ਅੱਜ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਵਾਲਾ ਮਤਾ ਪੇਸ਼ ਕੀਤੇ ਜਾਣ ਤੋਂ ਬਾਅਦ ਸੱਤਾਧਾਰੀ ਧਿਰ ਅਤੇ ਵਿਰੋਧੀ ਭਾਜਪਾ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ।

ਪ੍ਰਸ਼ਨ ਕਾਲ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਨੂੰ ਤੁਰੰਤ ਪੂਰਨ ਰਾਜ ਦਾ ਦਰਜਾ ਦੇਣ ਦਾ ਮਤਾ ਰੱਖਿਆ। ਇਸ ਮਤੇ ਵਿੱਚ ਕਿਹਾ ਗਿਆ ਕਿ ਇਹ ਸਦਨ ਕੇਂਦਰ ਸਰਕਾਰ ਤੋਂ ਜੰਮੂ-ਕਸ਼ਮੀਰ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਅਪੀਲ ਕਰਦਾ ਹੈ ਅਤੇ ਇਹ ਮਤਾ ਕੇਂਦਰ ਸਰਕਾਰ ਨੂੰ ਭੇਜਣ ਦਾ ਸੰਕਲਪ ਲੈਂਦਾ ਹੈ।

'ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਕੀਤਾ ਗਿਆ ਸੀ ਵਾਅਦਾ'

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ, "ਪਹਿਲਾਂ ਹੱਦਬੰਦੀ (ਡੀਲਿਮਿਟੇਸ਼ਨ), ਫਿਰ ਚੋਣਾਂ ਅਤੇ ਉਸ ਤੋਂ ਬਾਅਦ ਰਾਜ ਦਾ ਦਰਜਾ ਬਹਾਲ ਕਰਨ ਦੀ ਗੱਲ ਕਹੀ ਗਈ ਸੀ। ਹੱਦਬੰਦੀ ਅਤੇ ਚੋਣਾਂ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਨੇ ਭਾਰੀ ਗਿਣਤੀ ਵਿੱਚ ਵੋਟਾਂ ਪਾਈਆਂ ਹਨ।"

ਉਨ੍ਹਾਂ ਅੱਗੇ ਕਿਹਾ, "ਅਸੀਂ ਕੇਂਦਰ ਸਰਕਾਰ ਨੂੰ ਉਨ੍ਹਾਂ ਦਾ ਵਾਅਦਾ ਯਾਦ ਦਿਵਾਉਣਾ ਚਾਹੁੰਦੇ ਹਾਂ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਇਹ ਕੋਈ ਆਮ ਵਾਅਦਾ ਨਹੀਂ ਸਗੋਂ 'ਮੋਦੀ ਦਾ ਵਾਅਦਾ' ਹੈ। ਫਿਰ ਇਹ ਵਾਅਦਾ ਅਜੇ ਤੱਕ ਪੂਰਾ ਕਿਉਂ ਨਹੀਂ ਕੀਤਾ ਜਾ ਰਿਹਾ?"

ਭਾਜਪਾ ਵਿਧਾਇਕਾਂ ਵੱਲੋਂ ਜ਼ੋਰਦਾਰ ਹੰਗਾਮਾ

ਸੱਤਾਧਾਰੀ ਧਿਰ, ਕਾਂਗਰਸ, ਪੀਡੀਪੀ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਇਸ ਮਤੇ ਦਾ ਸਮਰਥਨ ਕੀਤਾ। ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਮਤੇ ਦਾ ਤਿੱਖਾ ਵਿਰੋਧ ਕੀਤਾ। ਭਾਜਪਾ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦਿਆਂ ਮਤੇ ਦੀਆਂ ਕਾਪੀਆਂ ਪਾੜ ਦਿੱਤੀਆਂ ਅਤੇ ਵੈੱਲ ਵਿੱਚ ਆ ਕੇ ਹੰਗਾਮਾ ਕੀਤਾ।