‘ਨਸ਼ਾ ਮੁਕਤ ਪੰਜਾਬ’ ਦੇ ਮੁੱਦੇ ’ਤੇ ਲੜਾਂਗੇ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ |
ਭਾਰਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਪਰਾਗਪੁਰ ਵਿਖੇ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਆਖਰੀ ਪੜ੍ਹਾਅ ਦੀ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਗੁਰੂਆਂ-ਪੀਰਾਂ ਦੀ ਧਰਤੀ ਨੂੰ ਪ੍ਰਣਾਮ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਲੰਧਰ ਆਉਣਾ ਮੇਰੇ ਲਈ ਮਾਣ ਵਾਲੀ ਗੱਲ ਹੈ ਪਰ ਨਸ਼ਾ ਖ਼ਤਮ ਕਰਨ ਲਈ ਮੇਰੇ ਲਈ ਇਥੇ ਆਉਣਾ ਵੱਡੀ ਭਾਗਾਂ ਵਾਲੀ ਗੱਲ ਹੈ। ਆਪਣੇ ਸੰਬੋਧਨ ਦੌਰਾਨ ਅਮਿਤ ਸ਼ਾਹ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਉਧਮ ਸਿੰਘ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੂੰ ਵੀ ਪ੍ਰਣਾਮ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸਮੁੱਚੇ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ ਹੈ।
ਦੇਸ਼ ਦੀ ਅਜ਼ਾਦੀ ਦਾ ਜ਼ਿਕਰ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕਦੇ ਜ਼ਰੂਰਤ ਪਈ ਤਾਂ ਦੇਸ਼ ਦੀ ਰੱਖਿਆ ਕਰਨ ਲਈ ਵੀ ਪੰਜਾਬੀ ਸਭ ਤੋਂ ਮੋਹਰੀ ਹੁੰਦੇ ਹਨ ਅਤੇ ਸਾਡੇ ਸੂਰਬੀਰਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਅੱਗੇ ਕਿ ਗੁਰੂਆਂ-ਪੀਰਾਂ ਦੀ ਧਰਤੀ ਵਾਲੇ ਪੰਜਾਬ ਦਾ ਦਾ ਅੱਜ ਨਸ਼ਿਆਂ ਕਾਰਨ ਬੁਰਾ ਹਾਲ ਹੈ। ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚਿੱਟੇ ਦੇ ਕਾਰੋਬਾਰ ਨੂੰ ਸ਼ਰੇਆਮ ਚੱਲਣ ਦਿੱਤਾ। ਅੱਜ ਪੰਜਾਬ ਚਿੱਟੇ ਦੇ ਰੰਗ ਰੰਗਿਆ ਗਿਆ ਹੈ ਪਰ ਹੁਣ ਸਮਾਂ ਆ ਗਿਆ ਹੈ ਪੰਜਾਬ ਨੂੰ ਚਿੱਟਾ ਮੁਕਤ ਕੀਤਾ ਜਾਵੇ। ਮੈਂ ਪੰਜਾਬ ਦੇ ਨੌਜਵਾਨਾਂ ਅਤੇ ਮਾਵਾਂ ਨੂੰ ਕਹਿਣ ਆਇਆ ਹਾਂ ਕਿ ਤੁਸੀਂ ਭਾਰਤੀ ਜਨਤਾ ਪਾਰਟੀ ਦਾ ਸਾਥ ਦਿਓ ਅਤੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਓ। ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚੋਂ ਦੋ ਸਾਲਾਂ ਦੇ ਅੰਦਰ-ਅੰਦਰ ਨਸ਼ਾ ਖ਼ਤਮ ਕਰ ਦਿਆਂਗੇ। ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦਿਆਂਗਾ। ਉਨ੍ਹਾਂ ਕਿਹਾ ਕਿ 31 ਦਸੰਬਰ 2029 ਤੋਂ ਬਾਅਦ ਤੋਂ ਬਾਅਦ ਤੁਹਾਡੇ ਬੱਚਿਆਂ ਨੂੰ ਚਿੱਟਾ ਉਪਲੱਬਧ ਕਰਵਾਉਣ ਵਾਲਾ ਕੋਈ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦਾ ਪੰਜਾਬ ਅੰਦਰ ਰਾਜ ਦੇਖ ਲਿਆ ਹੈ। ਉਨ੍ਹਾਂ ਕਿਹਾ ਕਿ ਇਕ ਮੌਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿਓ ਅਤੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਓ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵਾਂਗੇ। ਸਿਰਫ਼ ਭਾਜਪਾ ਹੀ ਹੈ ਜੋ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰ ਸਕਦੀ ਹੈ। ਸਾਡੀ ਸਰਕਾਰ ਆਉਣ 'ਤੇ ਨੌਜਾਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ। ਪੰਜਾਬੀਓ ਕਮਲ ਦਾ ਬਟਨ ਦਬਾਓ। ਅਸੀਂ 31 ਦਸੰਬਰ 2029 ਤੱਕ ਪੰਜਾਬ 'ਚੋਂ ਨਸ਼ਾ ਖ਼ਤਮ ਕਰ ਦਿਆਂਗੇ। ਪੰਜਾਬ ਦੇ ਪਿੰਡ-ਪਿੰਡ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਖ਼ਤਮ ਹੋਵੇਗਾ।
ਅਮਿਤ ਸ਼ਾਹ ਨੇ ਆਪਣੇ ਭਾਸ਼ਣ ਦੌਰਾਨ ਸਿੱਖ ਗੁਰੂ ਸਾਹਿਬਾਨਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂਆਂ ਦੀ ਰੱਖਿਆ ਕਰਨ ਲਈ ਆਪਣਾ ਸੀਸ ਦਿੱਤਾ ਪਰ ਉਨ੍ਹਾਂ ਨੇ ਜ਼ੁਲਮ ਦੇ ਅੱਗੇ ਆਪਣਾ ਸਿਰ ਨਹੀਂ ਝੁਕਾਇਆ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਗਲਾਂ ਤੋਂ ਦੇਸ਼ ਦੀ ਰੱਖਿਆ ਕਰਨ ਲਈ ਆਪਣਾ ਸਾਰਾ ਹੀ ਪਰਿਵਾਰ ਵਾਰ ਦਿੱਤਾ ਪਰ ਉਨ੍ਹਾਂ ਨੇ ਜ਼ੁਲਮ ਅੱਗੇ ਹਾਰ ਨਹੀਂ ਮੰਨੀ ਅਤੇ ਮੁਗਲਾਂ ਦੇ ਰਾਜ ਨੂੰ ਜੜੋਂ ਪੁੱਟ ਦਿੱਤਾ। ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਅੱਜ ਵੀ ਜਦੋਂ ਬੋਲੇ ਸੋ ਨਿਹਾਲ ਦਾ ਜੈਕਾਰਾ ਲਗਦਾ ਹੈ ਤਾਂ ਪਾਕਿਸਤਾਨੀ ਫ਼ੌਜਾਂ ਪੁੱਠੇ ਪੈਰੀਂ ਪਿੱਛੇ ਮੁੜ ਜਾਂਦੀਆਂ ਹਨ।
ਐੱਮ. ਐੱਸ. ਪੀ. ਮੁੱਦੇ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਐੱਮ. ਐੱਸ. ਪੀ. ਵਾਲਾ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਲਈ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਹੱਲ ਕੀਤਾ ਜਾਵੇਗਾ। ਹਰਿਆਣਾ 'ਚ ਕਿਸਾਨਾਂ ਨੂੰ ਐੱਮ. ਐੱਸ. ਪੀ. ਦਿੱਤੀ ਜਾ ਰਹੀ। ਪੰਜਾਬ ਦੀ ਵਿੱਤੀ ਹਾਲਤ ਨੂੰ ਠੀਕ ਕੀਤਾ ਜਾਵੇਗਾ।
ਰੈਲੀ ਵਿਚ ਪਹੁੰਚਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਸਥਿਤ ਦੇਵੀ ਤਲਾਅ ਮੰਦਿਰ ਵਿਖੇ ਨਤਮਸਤਕ ਹੋਏ। ਰੈਲੀ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ, ਬਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ, ਮਨਪ੍ਰੀਤ ਸਿੰਘ ਬਾਦਲ, ਅਨਿਲ ਸਰੀਨ, ਅਸ਼ਵਨੀ ਸ਼ਰਮਾ, ਤਰੁਣ ਚੁੱਘ, ਵਿਜੇ ਸਾਂਪਲਾ, ਇਕਬਾਲ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।