ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀ.ਸੀ.ਦਫ਼ਤਰਾਂ ਦੇ ਬਾਹਰ ਲਗਾਇਆ ਗਿਆ ਪੱਕਾ ਮੋਰਚਾ |




ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਰਹੇਗਾ ਜਾਰੀ |

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਸੋਮਵਾਰ ਤੋਂ ਮੋਗਾ ਦੇ ਡੀ.ਸੀ. ਦਫ਼ਤਰ ਦੇ ਬਾਹਰ 13 ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਕਿਸਾਨ ਧਰਨੇ ਵਿੱਚ ਪਹੁੰਚੇ । ਕਿਸਾਨਾਂ ਵੱਲੋਂ ਡੀ.ਸੀ. ਅਤੇ ਐਸ.ਐਸ.ਪੀ. ਦਫ਼ਤਰ ਦੇ ਦੋਵੇਂ ਗੇਟ ਬੰਦ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਅਧਿਕਾਰੀ ਨੂੰ ਦਫ਼ਤਰ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ ਅਤੇ ਜ਼ਿਲ੍ਹਾ ਕੰਪਲੈਕਸ ਦਾ ਘੇਰਾਓ ਜਾਰੀ ਰਹੇਗਾ।

ਕਿਸਾਨ ਆਗੂਆਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ 13 ਦਿਨਾਂ ਤੱਕ ਧਰਨਾ ਦਿੱਤਾ ਗਿਆ ਸੀ, ਪਰ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਸੂਬਾ ਕਮੇਟੀ ਦੇ ਨਿਰਦੇਸ਼ਾਂ ’ਤੇ ਸੋਮਵਾਰ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਡੀ.ਸੀ. ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਸ਼ੁਰੂ ਕੀਤੇ ਗਏ ਹਨ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨਾ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣਾ, ਫ਼ਸਲਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਦੇਣਾ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ, ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੇਣਾ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣਾ ਅਤੇ ਬਿਜਲੀ ਬਿੱਲ-2020 ਵਾਪਸ ਲੈਣਾ ਸ਼ਾਮਲ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੱਕੇ ਮੋਰਚੇ ਲਗਾਏ ਗਏ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।