ਦੋਵੇਂ ਆਗੂਆਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ |
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਲਵੀ, ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਦੇ ਨਾਲ ਪਿੰਡ ਡਾਲਾ ਵਿਖੇ ਪਹੁੰਚ ਕੇ ਬਲਜਿੰਦਰ ਸਿੰਘ ਬੱਲੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਬਲਜਿੰਦਰ ਸਿੰਘ ਬੱਲੀ ਜੀ ਸਿਰਫ਼ ਇੱਕ ਜਨ ਪ੍ਰਤੀਨਿਧੀ ਹੀ ਨਹੀਂ, ਸਗੋਂ ਆਪਣੇ ਇਲਾਕੇ ਦੇ ਲੋਕਾਂ ਦੀ ਆਵਾਜ਼ ਸਨ। ਉਨ੍ਹਾਂ ਦੀ ਹੱਤਿਆ ਨਾਲ ਪਰਿਵਾਰ ਅਤੇ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਇਕੱਲੇ ਨਹੀਂ ਹਨ। ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਤੰਬਰ 2023 ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਰਪੰਚ ਸ. ਬਲਜਿੰਦਰ ਸਿੰਘ ਬੱਲੀ ਜੀ ਦੀ ਉਨ੍ਹਾਂ ਦੇ ਘਰ ਵਿੱਚ ਹੀ ਹੱਤਿਆ ਕਰ ਦਿੱਤੀ ਗਈ ਸੀ।