ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੂੰ ਵਿਦਾਇਗੀ ਨਾ ਦੇਣ ਵਾਲੇ ਕਾਂਗਰਸ ਦੇ ਬਿਆਨ ਦਾ ਐਮ.ਪੀ. ਸਤਨਾਮ ਸਿੰਘ ਸੰਧੂ ਨੇ ਦਿੱਤਾ ਜਵਾਬ |




ਕਿਹਾ,‘ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 26 ਅਕਤੂਬਰ ਨੂੰ ਖ਼ੁਦ ਦਿੱਤੀ ਸੀ ਏ.ਪੀ. ਸਿੰਘ ਨੂੰ ਵਿਦਾਇਗੀ’ |

 ਕਾਂਗਰਸ ਵੱਲੋਂ ਇਹ ਦਾਅਵਾ ਕਰਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੂੰ ਸਰਕਾਰ ਵੱਲੋਂ ਸਹੀ ਤਰੀਕੇ ਨਾਲ ਵਿਦਾਇਗੀ ਨਹੀਂ ਦਿੱਤੀ ਗਈ । ਭਾਜਪਾ ਨੇ ਕਾਂਗਰਸ ਦੇ ਇਸ ਦਾਅਵੇ ਨੂੰ ਝੂਠਾ ਪ੍ਰਚਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਜਾਣਬੁੱਝ ਕੇ ਵਿਵਾਦ ਖੜ੍ਹਾ ਕਰਨ ਅਤੇ ਵੰਡ ਪਾਊ ਬਿਰਤਾਂਤ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 26 ਅਕਤੂਬਰ 2026 ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੇਵਾਮੁਕਤੀ ਤੋਂ ਪਹਿਲਾਂ ਸਾਬਕਾ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਲਈ ਖ਼ੁਦ ਵਿਦਾਇਗੀ ਸਮਾਰੋਹ ਦੀ ਮੇਜ਼ਬਾਨੀ ਕੀਤੀ ਸੀ। ਇਸ ਮੌਕੇ ਰੱਖਿਆ ਮੰਤਰੀ ਨੇ ਉਨ੍ਹਾਂ ਦੀਆਂ 42 ਸਾਲਾਂ ਦੀਆਂ ਸ਼ਾਨਦਾਰ ਸੇਵਾਵਾਂ, ਬਿਹਤਰੀਨ ਅਗਵਾਈ ਅਤੇ ਭਾਰਤੀ ਹਵਾਈ ਸੈਨਾ ਵਿੱਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ। ਖ਼ਾਸ ਤੌਰ ’ਤੇ ਆਪ੍ਰੇਸ਼ਨ ਸਿੰਦੂਰ ਨੂੰ ਸਫਲਤਾਪੂਰਵਕ ਅੰਜਾਮ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ਗਈ। ਇਸ ਤੋਂ ਇਲਾਵਾ 31 ਅਕਤੂਬਰ ਨੂੰ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਦੇਸ਼ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਨਵੀਂ ਦਿੱਲੀ ਸਥਿਤ ਏਅਰ ਫੋਰਸ ਸਟੇਸ਼ਨ ’ਤੇ ਉਨ੍ਹਾਂ ਨੂੰ ਰਸਮੀ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਭਾਜਪਾ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਿੱਖ ਭਾਈਚਾਰੇ ਨੂੰ ਕਿਸੇ ਸਿਆਸੀ ਬਿਰਤਾਂਤ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਸਿਆਸੀ ਲੜਾਈਆਂ ਵਿੱਚ ਮੋਹਰੇ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਸਿੱਖ ਕੌਮ ਦਾ ਕੁਰਬਾਨੀਆਂ, ਦੇਸ਼ ਭਗਤੀ ਅਤੇ ਰਾਸ਼ਟਰ ਸੇਵਾ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਾਜਪਾ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਦੀ ਏਕਤਾ ਅਤੇ ਸੁਰੱਖਿਆ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਪਹਿਲਾਂ ਹੀ ਮਾਨਤਾ ਦਿੱਤੀ ਹੈ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਹੈ।