ਜ਼ਖ਼ਮੀ ਹੈਪੀ ਅਰੋੜਾ ਨੂੰ ਇਲਾਜ ਲਈ ਹਸਪਤਾਲ ’ਚ ਕਰਵਾਇਆ ਭਰਤੀ |
ਮੋਗਾ ਵਿੱਚ ਸੋਮਵਾਰ ਰਾਤ ਕਰੀਬ 11:30 ਵਜੇ ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ ਖੂਨੀ ਰੂਪ ਧਾਰ ਗਿਆ। ਇਸ ਦੌਰਾਨ ਫਾਇਰਿੰਗ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ, ਗੁਆਂਢ ਵਿੱਚ ਰਹਿੰਦੇ ਕੁਝ ਨੌਜਵਾਨਾਂ ਵੱਲੋਂ ਦੇਰ ਰਾਤ ਤੱਕ ਪਟਾਕੇ ਚਲਾਉਣ ਨੂੰ ਲੈ ਕੇ ਪਹਿਲਾਂ ਗਾਲੀ-ਗਲੋਚ ਕੀਤੀ ਗਈ ।ਪਰਿਵਾਰ ਨੇ ਦੋਸ਼ ਲਾਏ ਹਨ ਕਿ ਇਸ ਤੋਂ ਬਾਅਦ ਜਦ ਹੈਪੀ ਆਪਣੇ ਦੋਸਤਾਂ ਨੂੰ ਘਰੇ ਛੱਡਣ ਜਾ ਰਿਹਾ ਸੀ ਤਾਂ ਉਸ ਦੇ ਹੀ ਗੁਆਂਢ ਵਿੱਚ ਰਹਿੰਦੇ ਕੁਝ ਨੌਜਵਾਨਾਂ ਵਲੋਂ ਹੈਪੀ ਦਾ ਪਿੱਛਾ ਕਰਦਿਆਂ 10 ਤੋਂ 12 ਜਾਣਿਆ ਨਾਲ ਮਿਲ ਕੇ ਕਥਿਤ ਤੌਰ ’ਤੇ ਉਸ ’ਤੇ ਫਾਇਰਿੰਗ ਕਰ ਦਿੱਤੀ।
ਜ਼ਖ਼ਮੀ ਦੀ ਪਛਾਣ ਹੈਪੀ ਅਰੋੜਾ ਵਜੋਂ ਹੋਈ ਹੈ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ 11 ਲੋਕਾਂ ਉੱਪਰ ਮਾਮਲਾ ਦਰਜ ਕੀਤਾ ਹੈ ਅਤੇ ਛੇ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।