ਕੇਂਦਰ ਸਰਕਾਰ ਤੋਂ ਪੁੱਛਿਆ ਕਿ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਦੀ ਹੋਵੇਗੀ ਨਿਯੁਕਤੀ ?
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਵੋਟਰਾਂ ਨੂੰ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਭ ਤੋਂ ਅਹਿਮ ਜ਼ਿੰਮੇਵਾਰੀ ਨਿਭਾਉਣ ਵਾਲੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਮੁੜ ਉੱਠਿਆ ਹੈ। ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਸਪੱਸ਼ਟ ਤੌਰ 'ਤੇ ਪੁੱਛਿਆ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਵਿਅਕਤੀ ਦੀ ਨਿਯੁਕਤੀ ਕੀਤੀ ਜਾ ਰਹੀ ਹੈ?
ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਣ ਅਤੇ ਨਿਯੁਕਤੀ ਸੰਬੰਧੀ ਜਾਣਕਾਰੀ ਦੇਣ ਲਈ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ। ਇਸ 'ਤੇ ਹਾਈਕੋਰਟ ਨੇ ਸੁਣਵਾਈ ਅੱਗੇ ਪਾ ਦਿੱਤੀ, ਪਰ ਨਾਲ ਹੀ ਕੇਂਦਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਇਹ ਜਵਾਬ ਦਾਖ਼ਲ ਕਰਨ ਦਾ ਆਖ਼ਰੀ ਮੌਕਾ ਹੋਵੇਗਾ । ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਹਾਈਕੋਰਟ ਵਿਚ ਕਈ ਪਟੀਸ਼ਨਾਂ ਵਿਚਾਰ ਅਧੀਨ ਹਨ। ਇਨ੍ਹਾਂ ਪਟੀਸ਼ਨਾਂ ਰਾਹੀਂ ਚੋਣ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹਨ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਯਕੀਨੀ ਬਣਾਉਣ ਦਾ ਮੁੱਦਾ ਉਠਾਇਆ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਹੋ ਚੁੱਕੀਆਂ ਹਨ, ਪਰ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਖ਼ਾਲੀ ਹੋਣ ਕਾਰਨ ਅਗਲੀ ਚੋਣ ਪ੍ਰਕਿਰਿਆ ਅੱਗੇ ਨਹੀਂ ਵਧ ਰਹੀ।