ਚੰਨੀ ਦੇ ਮਹਿਲਾਵਾਂ ਨੂੰ ਡੇਢ ਗੁਣਾ ਸਨਮਾਨ ਰਾਸ਼ੀ ਦੇਣ ਦੇ ਐਲਾਨ ’ਤੇ ਵਿਧਾਇਕ ਦਿਆਲਪੁਰਾ ਦਾ ਪਲਟਵਾਰ |




ਕਿਹਾ, 'ਕਾਂਗਰਸ ਦੀ ਡਰਾਮੇਬਾਜ਼ੀ ਲੋਕ ਸਭ ਜਾਣਦੇ ਹਨ, ‘ਆਪ’ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰ ਕੇ ਦਿੱਤੀ ਸਨਮਾਨ ਰਾਸ਼ੀ' |

ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਨਮਾਨ ਰਾਸ਼ੀ ਡੇਢ ਗੁਣਾ ਕਰਨ ਦੇ ਕੀਤੇ ਐਲਾਨ ’ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਤਿੱਖਾ ਸਿਆਸੀ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵੱਡੇ-ਵੱਡੇ ਐਲਾਨ ਕਰ ਰਹੇ ਹਨ, ਜਦਕਿ ਆਪਣੇ ਪਿਛਲੇ ਕਾਰਜਕਾਲ ਦੌਰਾਨ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਚੰਨੀ ਡੇਢ ਗੁਣਾ ਦੀ ਬਜਾਏ ਦੋ ਗੁਣਾ ਜਾਂ ਚਾਰ ਗੁਣਾ ਰਾਸ਼ੀ ਦੇਣ ਦਾ ਐਲਾਨ ਵੀ ਕਰ ਦਿੰਦੇ ਤਾਂ ਕੀ ਫਰਕ ਪੈਣਾ ਸੀ, ਕਿਉਂਕਿ ਐਲਾਨ ਕਰਨ ਅਤੇ ਉਸ ਨੂੰ ਅਮਲੀ ਰੂਪ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ।

ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ-ਇੱਕ ਕਰਕੇ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਦੇਣਾ ਵੀ ਇਸੇ ਲੜੀ ਦਾ ਹਿੱਸਾ ਹੈ। ਕਾਂਗਰਸ ਨੂੰ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਸੱਤਾ ਵਿੱਚ ਸੀ ਤਾਂ ਉਸ ਸਮੇਂ ਘਰ-ਘਰ ਸਰਕਾਰੀ ਨੌਕਰੀਆਂ ਦੇਣ ਸਮੇਤ ਕਈ ਵਾਅਦੇ ਕੀਤੇ ਗਏ ਸਨ, ਪਰ ਲੋਕ ਅੱਜ ਵੀ ਉਨ੍ਹਾਂ ਵਾਅਦਿਆਂ ਦੇ ਪੂਰੇ ਹੋਣ ਦੀ ਉਡੀਕ ਕਰ ਰਹੇ ਹਨ।

ਗੈਂਗਸਟਰਵਾਦ ਦੇ ਮੁੱਦੇ ’ਤੇ ਚੰਨੀ ਵੱਲੋਂ ਸਰਕਾਰ ਨੂੰ ਘੇਰਨ ਸਬੰਧੀ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ ਅਤੇ ਉਨ੍ਹਾਂ ਸਰਕਾਰਾਂ ਵੱਲੋਂ ਬੀਜੇ ਕੰਡੇ ਅੱਜ ਮੌਜੂਦਾ ਸਰਕਾਰ ਨੂੰ ਚੁਗਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਨੂੰ ਲੈ ਕੇ ਕਾਂਗਰਸ ਵੱਲੋਂ ‘ਆਪ’ ਸਰਕਾਰ ’ਤੇ ਸਵਾਲ ਚੁੱਕਣਾ ਸਿਆਸੀ ਤੌਰ ’ਤੇ ਸਹੀ ਨਹੀਂ ਹੈ।

ਸਾਈਕਲ ਯਾਤਰਾ ਦੀ ਸਫਲਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਸਵਾਲ ’ਤੇ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਜਾਣਦੇ ਹਨ ਕਿ ਕਿਸ ਪਾਰਟੀ ਨੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਰਾਲਾ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਸੇਵਾ ਦਾ ਮੌਕਾ ਦੇਣਗੇ।